ਦਿੱਲੀ ਸਰਕਾਰ ਵੱਲੋਂ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਾਇਆ ਗਿਆ। ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਦੌਰਾਨ ਰਾਸ਼ਟਰਪਤੀ ਪ੍ਰਣਬ ਮੁਖਰਜੀ, ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਆਦਿ ਪੁੱਜੇ ਅਤੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਗਾਂਧੀ ਜੈਅੰਤੀ ਦੇ ਮੱਦੇਨਜ਼ਰ ਦਿੱਲੀ ਵਿਧਾਨ ਸਭਾ ਵਿੱਚ ਸਾਦਾ ਸਮਾਗਮ ਕੀਤਾ ਗਿਆ ਤੇ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਸਾਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾਦਾਇਕ ਬਣਿਆ।
ਇਸ ਮੌਕੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਵੱਖਰੇ ਢੰਗ ਨਾਲ ਆਜ਼ਾਦੀ ਦੀ ਲੜਾਈ ਲੜੀ ਤੇ ਉਹ ਅਜ਼ਾਦੀ ਸੰਗਰਾਮ ਦੇ ਮੁਢਲੇ ਆਗੂ ਸਨ। ਦਿੱਲੀ ਵਿਧਾਨ ਸਭਾ ਦੇ ਪੁਰਾਣੇ ਸਕੱਤਰੇਤ ਵਿੱਚ ਕੀਤੇ ਸਮਾਗਮ ਦੌਰਾਨ ਕਈ ਵਿਧਾਇਕ ਵੀ ਸ਼ਾਮਲ ਹੋਏ।
ਇਸ ਦੌਰਾਨ ਲਾਲ ਬਹਾਦਰ ਸ਼ਾਸਤਰੀ ਦੀ ਸਮਾਧੀ ਵਿਜੈ ਘਾਟ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਸ਼ਾਸਤਰੀ ਨਾਲ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਾਈ ਗਈ। ਇਸ ਮੌਕੇ ਲਾਲ ਬਹਾਦਰ ਸ਼ਾਸਤਰੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਪੋਤੇ ਆਦਰਸ਼ ਸ਼ਾਸਤਰੀ, ਦਿੱਲੀ ਦੇ ਸਪੀਕਰ ਰਾਮ ਨਿਵਾਸ ਗੋਇਲ, ਮੰਤਰੀ ਕਪਿਲ ਮਿਸ਼ਰਾ ਤੇ ਇਮਰਾਨ ਹਾਸ਼ਮੀ, ਵਿਧਾਇਕ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।
Leave a Comment