
ਪਿੰਡਾਂ ਦੇ ਲੋਕਾਂ ਨੂੰ ਸਰਹੱਦ ਨੇੜਿਓਂ ਉਠਾਉਣ ਦਾ ਫ਼ੈਸਲਾ ਕੇਂਦਰ ਸਰਕਾਰ ਨੇ ਕੀਤਾ : ਬਾਦਲ
ਤਹਿਸੀਲ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਘੋਹਨੇਵਾਲ ਤੇ ਕੋਟ ਰਜਾਦਾ ਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਕੋਟ ਰਜਾਦਾ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਸਿਆਸੀ ਦੌਰਾ ਨਹੀਂ ਹੈ, ਉਹ ਤਾਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ ਪੁੱਛਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਹੱਦ ਨੇੜਿਓਂ ਉਠਾਉਣ ਦਾ ਫ਼ੈਸਲਾ ਪੰਜਾਬ ਸਰਕਾਰ ਦਾ ਨਹੀਂ ਬਲਕਿ ਕੇਂਦਰ ਸਰਕਾਰ ਦਾ ਹੈ, ਜਿਸ ਨੂੰ ਮੰਨਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਕੋਈ ਖ਼ਤਰਾ ਮੁੱਲ ਲੈਣ ਨਾਲੋਂ ਚਾਰ ਦਿਨ ਦੀ ਤੰਗੀ ਸਹਿ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਨ੍ਹਾਂ ਮੁਸ਼ਕਲ ਹਾਲਾਤ ਦੀ ਵਰਤੋਂ ਰਾਜਨੀਤੀ ਲਈ ਨਹੀਂ ਕਰਨੀ ਚਾਹੀਦੀ, ਸਗੋਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਦੇਣਾ ਚਾਹੀਦਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਚੱਲ ਰਹੀ ਹੈ।
ਮੁੱਖ ਮੰਤਰੀ ਨੇ ਅਜਨਾਲਾ ਅਧੀਨ ਆਉਂਦੀ ਦਾਣਾ ਮੰਡੀ ਖਤਰਾਏ ਕਲਾਂ ਦੇ ਫੜ ਨੂੰ ਪੱਕਾ ਕਰਨ, ਪਿੰਡ ਘੋਹਨੇਵਾਲ ਦੇ ਖੇਡ ਸਟੇਡੀਅਮ ਲਈ 10 ਲੱਖ ਰੁਪਏ ਦੇਣ, ਧਰਮੀ ਫ਼ੌਜੀ ਜਸਵਿੰਦਰ ਸਿੰਘ ਘੋਹਨੇਵਾਲਾ ਦੇ ਨਾਮ ’ਤੇ ਯਾਦਗਾਰੀ ਗੇਟ ਦੀ ਉਸਾਰੀ ਲਈ 3 ਲੱਖ ਰੁਪਏ ਦੇਣ ਅਤੇ ਦਰਿਆ ਰਾਵੀ ਵਿੱਚ ਚੱਲਣ ਵਾਲੇ ਬੇੜੇ ਲਈ ਮਲਾਹ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਗੁਰਿੰਦਰਬੀਰ ਸਿੰਘ ਮਾਹਲ, ਰਾਜੂ ਅਵਾਣ ਹਾਜ਼ਰ ਸਨ।
ਅਟਾਰੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੀਨੀਅਰ ਅਧਿਕਾਰੀਆਂ ਨਾਲ ਸਰਹੱਦੀ ਖੇਤਰ ਅਟਾਰੀ ਦੇ ਪਿੰਡ ਦਾਉਕੇ, ਭਰੋਭਾਲ, ਚੱਕ ਅੱਲਾ ਬਖਸ਼ ਆਦਿ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਸ੍ਰੀ ਬਾਦਲ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਜਿਨ੍ਹਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਉਹ ਝੋਨੇ ਦੀ ਫ਼ਸਲ ਦੀ ਕਟਾਈ ਬੇਖ਼ੌਫ ਹੋ ਕੇ ਕਰਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਫ਼ਸਲ ਪਹਿਲ ਦੇ ਆਧਾਰ ’ਤੇ ਚੁੱਕੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਦਾ ਮੁਆਵਜ਼ਾ ਵੀ ਤੁਰੰਤ ਕਿਸਾਨਾਂ ਨੂੰ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦ ਨੇੜਲੇ ਇਲਾਕੇ ਖਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਕੇਂਦਰ ਸਰਕਾਰ ਦੀ ਸਲਾਹ ਨਾਲ ਹੀ ਲੋਕਾਂ ਨੂੰ ਪਰਤਣ ਦੀ ਅਪੀਲ ਕੀਤੀ ਜਾਵੇਗੀ। ਲੋਕਾਂ ਦੇ ਰਾਹਤ ਕੈਂਪਾਂ ਵਿੱਚ ਨਾ ਜਾਣ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕ ਬਹਾਦਰ ਹਨ, ਇਸ ਲਈ ਜਾਣਾ ਨਹੀਂ ਚਾਹੁੰਦੇ। ਇਸ ਮੌਕੇ ਵੀਰ ਸਿੰਘ , ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ ਰਾਜੂ, ਡਿਪਟੀ ਕਮਿਸ਼ਨਰ ਵਰੁਣ ਰੂਜ਼ਮ, ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ ਆਦਿ ਵੀ ਹਾਜ਼ਰ ਸਨ।
Leave a Comment