ਨਵ-ਨਿਯੁਕਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਨੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇਸ ਸਬੰਧੀ ਸਮਾਰੋਹ ਸੈਕਟਰ-76 ਸਥਿਤ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿੱਚ ਕਰਵਾਇਆ ਗਿਆ। ਇਸ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਉਣ ਦੀ ਆਸ ਸੀ ਪਰ ਉਹ ਰੁਝੇਵਿਆਂ ਕਾਰਨ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਆਪਣਾ ਅਹੁਦਾ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਮੇਅਰ ਕੁਲਵੰਤ ਸਿੰਘ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ ਦੀ ਮੌਜੂਦਗੀ ਵਿੱਚ ਸੰਭਾਲਿਆ।
ਸ੍ਰੀ ਐਨ.ਕੇ. ਸ਼ਰਮਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਫ਼ਾਦਾਰ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਨੌਂ ਸਾਲਾਂ ਵਿੱਚ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ। ਇਸ ਮੌਕੇ ਨਿਗਮ ਦੇ ਮੇਅਰ ਕੁਲਵੰਤ ਸਿੰਘ, ਬੀਬੀ ਲਾਂਡਰਾਂ, ਵਾਈਸ ਚੇਅਰਪਰਸਨ ਸਤਬੀਰ ਕੌਰ ਮਨਹੇੜਾ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਪਰਮਜੀਤ ਕੌਰ ਬਡਾਲੀ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸ਼ੁਸ਼ੀਲ ਰਾਣਾ ਨੇ ਵੀ ਸੰਬੋਧਨ ਕੀਤਾ।ਕੌਂਸਲਰ ਫੂਲਰਾਜ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ|
ਅਕਾਲੀ-ਭਾਜਪਾ ਦੇ ਕਈ ਕੌਂਸਲਰ ਤੇ ਆਗੂ ਗ਼ੈਰਹਾਜ਼ਰ
ਅਕਾਲੀ ਦਲ ਦੇ ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ ਅਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਇਸਤਰੀ ਅਕਾਲੀ (ਸ਼ਹਿਰੀ) ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਵਾਈਸ ਚੇਅਰਮੈਨ ਸੁਖਦੇਵ ਸਿੰਘ ਪਟਵਾਰੀ ਸਮੇਤ ਅਕਾਲੀ ਦਲ-ਭਾਜਪਾ ਦੇ ਬਹੁ ਗਿਣਤੀ ਕੌਂਸਲਰ ਅਹੁਦਾ ਸੰਭਾਲ ਸਮਾਗਮ ਤੋਂ ਦੂਰ ਰਹੇ ਹਨ। ਇਨ੍ਹਾਂ ’ਚੋਂ ਕਈ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕੋਈ ਸੁਨੇਹਾ ਨਹੀਂ ਲੱਗਾ ਜਦੋਂ ਕਿ ਜ਼ਿਆਦਾਤਰ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕ੍ਰਿਸ਼ਨਪਾਲ ਸ਼ਰਮਾ ਨੇ ਸਮਾਗਮ ਵਿੱਚ ਆਉਣ ਲਈ ਖ਼ੁਦ ਸੁਨੇਹੇ ਲਾਏ ਸੀ।
Leave a Comment